ਲੂਕਾ 21

21
ਕੰਗਾਲ ਵਿਧਵਾ ਦਾ ਦਾਨ। ਅੰਤ ਕਾਲ ਦੇ ਨਿਸ਼ਾਨ
1ਉਸ ਨੇ ਅੱਖੀਆਂ ਚੁੱਕ ਕੇ ਧਨਵਾਨਾਂ ਨੂੰ ਆਪਣੇ ਚੰਦੇ ਖ਼ਜ਼ਾਨੇ ਵਿੱਚ ਪਾਉਂਦਿਆਂ ਡਿੱਠਾ 2ਅਰ ਉਸ ਨੇ ਇੱਕ ਕੰਗਾਲ ਵਿਧਵਾ ਨੂੰ ਦੋ ਦਮੜੀਆ ਉੱਥੇ ਪਾਉਂਦਿਆ ਵੇਖਿਆ 3ਤਾਂ ਓਸ ਆਖਿਆ, ਮੈਂ ਤੁਹਾਨੂੰ ਸਤ ਆਖਦਾ ਹਾਂ ਭਈ ਇਸ ਕੰਗਾਲ ਵਿਧਵਾ ਨੇ ਉਨ੍ਹਾਂ ਸਭਨਾਂ ਨਾਲੋਂ ਬਹੁਤ ਪਾ ਦਿੱਤਾ ਹੈ 4ਕਿਉਂ ਜੋ ਉਨ੍ਹਾਂ ਸਭਨਾਂ ਨੇ ਆਪਣੇ ਵਾਫ਼ਰ ਮਾਲ ਤੋਂ ਕੁਝ ਦਾਨ ਪਾਇਆ ਪਰ ਇਹ ਨੇ ਆਪਣੀ ਥੁੜ ਵਿੱਚੋਂ ਸਾਰੀ ਪੂੰਜੀ ਜੋ ਇਹ ਦੀ ਸੀ ਪਾ ਦਿੱਤੀ।।
5ਜਾਂ ਬਾਜ਼ੇ ਲੋਕ ਹੈਕਲ ਦੇ ਵਿਖੇ ਗੱਲਾਂ ਕਰਦੇ ਸਨ ਜੋ ਉਹ ਸੋਹਣੇ ਪੱਥਰਾਂ ਅਤੇ ਝੜਾਵਿਆਂ ਨਾਲ ਕਿਹੋ ਜਿਹੀ ਸੁਆਰੀ ਹੋਈ ਹੈ ਤਾਂ ਓਸ ਆਖਿਆ 6ਭਈ ਏਹ ਚੀਜ਼ਾਂ ਜਿਹੜੀਆਂ ਤੁਸੀਂ ਵੇਖਦੇ ਹੋ ਓਹ ਦਿਨ ਆਉਣਗੇ ਜਿਨ੍ਹਾਂ ਵਿੱਚ ਐੱਥੇ ਪੱਥਰ ਉੱਤੇ ਪੱਥਰ ਨਾ ਛੱਡਿਆ ਜਾਵੇਗਾ ਜਿਹੜਾ ਡੇਗਿਆ ਨਾ ਜਾਵੇਗਾ 7ਅੱਗੋਂ ਉਨ੍ਹਾਂ ਉਸ ਤੋਂ ਪੁੱਛਿਆ, ਫੇਰ ਗੁਰੂ ਜੀ, ਏਹ ਗੱਲਾਂ ਕਦ ਹੋਣਗੀਆਂ ਅਤੇ ਉਸ ਸਮੇਂ ਦਾ ਕੀ ਲੱਛਣ ਹੈ ਜਾਂ ਏਹ ਗੱਲਾਂ ਹੋਣ ਲੱਗਣਗੀਆਂ? 8ਤਾਂ ਉਹ ਨੇ ਆਖਿਆ, ਚੌਕਸ ਰਹੋ ਭਈ ਤੁਸੀਂ ਕਿਤੇ ਭੁਲਾਵੇ ਵਿੱਚ ਨਾ ਪਓ ਕਿਉਂ ਜੋ ਮੇਰਾ ਨਾਮ ਧਾਰ ਕੇ ਬਥੇਰੇ ਇਹ ਕਹਿੰਦੇ ਆਉਣਗੇ ਜੋ ਮੈਂ ਉਹੋ ਹਾਂ ਅਤੇ ਉਹ ਵੇਲਾ ਨੇੜੇ ਹੈ। ਉਨ੍ਹਾਂ ਦੇ ਮਗਰ ਨਾ ਲੱਗਣਾ 9ਪਰ ਜਾਂ ਤੁਸੀਂ ਲੜਾਈਆਂ ਅਤੇ ਹੱਲੇ ਗੁੱਲੇ ਦੀਆਂ ਖਬਰਾਂ ਸੁਣੋ ਤਾਂ ਘਬਰਾ ਨਾ ਜਾਣਾ ਕਿਉਂ ਜੋ ਏਹ ਗੱਲਾਂ ਤਾਂ ਪਹਿਲਾਂ ਹੋਣੀਆਂ ਹੀ ਹਨ ਪਰ ਅੰਤ ਓਵੇਂ ਨਹੀਂ।।
10ਤਦ ਉਸ ਨੇ ਉਨ੍ਹਾਂ ਨੂੰ ਕਿਹਾ, ਕੌਮ ਕੌਮ ਉੱਤੇ ਅਤੇ ਪਾਤਸ਼ਾਹੀ ਪਾਤਸ਼ਾਹੀ ਉੱਤੇ ਚੜ੍ਹਾਈ ਕਰੇਗੀ 11ਅਤੇ ਵੱਡੇ ਭੁਚਾਲ ਅਰ ਥਾਂ ਥਾਂ ਕਾਲ ਅਤੇ ਮਰੀਆਂ ਪੈਣਗੀਆਂ ਅਤੇ ਭਿਆਨਕ ਚੀਜ਼ਾਂ ਅਰ ਵੱਡੀਆਂ ਨਿਸ਼ਾਨੀਆਂ ਅਕਾਸ਼ੋਂ ਪਰਗਟ ਹੋਣਗੀਆਂ 12ਪਰ ਇਨ੍ਹਾਂ ਸਾਰੀਆਂ ਗੱਲਾਂ ਤੋਂ ਪਹਿਲਾਂ ਲੋਕ ਤੁਹਾਡੇ ਉਤੇ ਹੱਥ ਪਾਉਣਗੇ ਅਤੇ ਤੁਹਾਨੂੰ ਸਤਾਉਣਗੇ ਅਰ ਸਮਾਜਾਂ ਅਤੇ ਕੈਦਖ਼ਾਨਿਆਂ ਵਿੱਚ ਫੜਵਾ ਦੇਣਗੇ ਅਤੇ ਮੇਰੇ ਨਾਮ ਦੇ ਕਾਰਨ ਰਾਜਿਆਂ ਅਰ ਹਾਕਮਾਂ ਦੇ ਸਾਹਮਣੇ ਲੈ ਜਾਣਗੇ 13ਇਹ ਤੁਹਾਡੇ ਉੱਤੇ ਗਵਾਹੀ ਦੇ ਲਈ ਬੀਤੇਗਾ 14ਇਸ ਲਈ ਆਪਣੇ ਮਨ ਵਿੱਚ ਪੱਕ ਠਹਿਰਾ ਛੱਡੋ ਭਈ ਅਸੀਂ ਉੱਤਰ ਦੇਣ ਲਈ ਪਹਿਲਾਂ ਤੋਂ ਚਿੰਤਾ ਨਾ ਕਰਾਂਗੇ 15ਕਿਉਂ ਜੋ ਮੈਂ ਤੁਹਾਨੂੰ ਇਹੋ ਜਿਹਾ ਮੂੰਹ ਅਤੇ ਬੁੱਧ ਦਿਆਂਗਾ ਜਿਹ ਦਾ ਤੁਹਾਡੇ ਸਾਰੇ ਵਿਰੋਧੀ ਸਾਹਮਣਾ ਯਾ ਖੰਡਣ ਨਾ ਕਰ ਸੱਕਣਗੇ 16ਅਤੇ ਮਾਂ ਪਿਉ ਅਰ ਭਾਈ ਅਰ ਸਾਕ ਅਰ ਮਿੱਤਰ ਵੀ ਤੁਹਾਨੂੰ ਫੜਵਾਉਣਗੇ ਅਤੇ ਤੁਹਾਡੇ ਵਿੱਚੋਂ ਕਿੰਨਿਆਂ ਨੂੰ ਮਰਵਾ ਦੇਣਗੇ 17ਅਤੇ ਮੇਰੇ ਨਾਮ ਕਰਕੇ ਸਭ ਲੋਕ ਤੁਹਾਡੇ ਨਾਲ ਵੈਰ ਰੱਖਣਗੇ 18ਪਰ ਤੁਹਾਡੇ ਸਿਰ ਦਾ ਇੱਕ ਵਾਲ ਵੀ ਵਿੰਗਾ ਨਾ ਹੋਵੇਗਾ 19ਆਪਣੇ ਧੀਰਜ ਨਾਲ ਤੁਸੀਂ ਆਪਣੀਆਂ ਜਾਨਾਂ ਨੂੰ ਕਮਾਓਗੇ।।
20ਜਾਂ ਤੁਸੀਂ ਯਰੂਸ਼ਲਮ ਨੂੰ ਫ਼ੌਜਾਂ ਨਾਲ ਘੇਰਿਆ ਹੋਇਆ ਵੇਖੋ ਤਾਂ ਜਾਣੋ ਭਈ ਉਹ ਦਾ ਉੱਜੜਨਾ ਨੇੜੇ ਆ ਪਹੁੰਚਿਆ ਹੈ 21ਤਦ ਓਹ ਜਿਹੜੇ ਯਹੂਦਿਯਾ ਵਿੱਚ ਹੋਣ ਪਹਾੜਾਂ ਨੂੰ ਭੱਜ ਜਾਣ ਅਤੇ ਓਹ ਜਿਹੜੇ ਉਸ ਦੇ ਵਿੱਚ ਹੋਣ ਸੋ ਨਿੱਕਲ ਜਾਣ ਅਤੇ ਜਿਹੜੇ ਖੇਤਾਂ ਵਿੱਚ ਹੋਣ ਉਹ ਦੇ ਅੰਦਰ ਨਾ ਵੜਨ 22ਕਿਉਂ ਜੋ ਇਹ ਵੱਟਾ ਲੈਣ ਦੇ ਦਿਨ ਹਨ ਇਸ ਲਈ ਜੋ ਸਭ ਲਿਖੀਆਂ ਹੋਈਆਂ ਗੱਲਾਂ ਪੂਰੀਆਂ ਹੋਣ 23ਹਮਸੋਸ ਉਨ੍ਹਾਂ ਉੱਤੇ ਜਿਹੜੀਆਂ ਉਨ੍ਹਾਂ ਦਿਨਾਂ ਵਿੱਚ ਗਰਭਵੰਤੀਆਂ ਅਤੇ ਦੁੱਧ ਚੁੰਘਾਉਣ ਵਾਲੀਆਂ ਹੋਣ ਕਿਉਂ ਜੋ ਧਰਤੀ ਉੱਤੇ ਵੱਡੀ ਤੰਗੀ ਅਤੇ ਇਸ ਪਰਜਾ ਉੱਤੇ ਕ੍ਰੋਧ ਹੋਵੇਗਾ 24ਓਹ ਤਲਵਾਰ ਦੀ ਧਾਰ ਨਾਲ ਮਾਰੇ ਜਾਣਗੇ ਅਤੇ ਬੰਧੂਏ ਹੋ ਕੇ ਸਭ ਕੌਮਾਂ ਵਿੱਚ ਪੁਚਾਏ ਜਾਣਗੇ ਅਰ ਯਰੂਸ਼ਲਮ ਪਰਾਈਆਂ ਕੌਮਾਂ ਤੋਂ ਲਤਾੜਿਆ ਜਾਵੇਗਾ ਜਦ ਤੀਕੁਰ ਪਰਾਈਆਂ ਕੌਮਾਂ ਦੇ ਸਮੇ ਪੂਰੇ ਨਾ ਹੋਣ 25ਸੂਰਜ ਅਰ ਚੰਦ ਅਰ ਤਾਰਿਆਂ ਵਿੱਚ ਨਿਸ਼ਾਨੀਆਂ ਹੋਣਗੀਆਂ ਅਤੇ ਧਰਤੀ ਉੱਤੇ ਸਮੁੰਦਰ ਅਰ ਉਹਦੀਆਂ ਲਹਿਰਾਂ ਦੇ ਗਰਜਨੇ ਦੇ ਕਾਰਨ ਕੌਮਾਂ ਨੂੰ ਕਸ਼ਟ ਅਤੇ ਘਬਰਾਹਟ ਹੋਵੇਗੀ 26ਅਰ ਡਰ ਦੇ ਮਾਰੇ ਅਤੇ ਉਨ੍ਹਾਂ ਗੱਲਾਂ ਦੀ ਉਡੀਕ ਤੋਂ ਜੋ ਦੁਨੀਆ ਉੱਤੇ ਆਉਣ ਵਾਲੀਆਂ ਹਨ ਲੋਕਾਂ ਦੇ ਜੀ ਡੁੱਬ ਜਾਣਗੇ ਕਿਉਂ ਜੋ ਅਕਾਸ਼ ਦੀਆਂ ਸ਼ਕਤੀਆਂ ਹਿਲਾਈਆ ਜਾਣਗੀਆਂ 27ਤਦ ਮਨੁੱਖ ਦੇ ਪੁੱਤ੍ਰ ਨੂੰ ਸਮਰੱਥਾ ਅਤੇ ਵੱਡੇ ਤੇਜ ਨਾਲ ਬੱਦਲ ਉੱਤੇ ਆਉਂਦਿਆਂ ਵੇਖਣਗੇ 28ਜਾਂ ਏਹ ਗੱਲਾਂ ਹੋਣ ਲੱਗਣਗੀਆਂ ਤਾਂ ਉਤਾਹਾਂ ਵੇਖੋ ਅਤੇ ਆਪਣੇ ਸਿਰ ਚੁੱਕੋ ਇਸ ਲਈ ਜੋ ਤੁਹਾਡਾ ਨਿਸਤਾਰਾ ਨੇੜੇ ਆਇਆ ਹੈ।।
29ਉਸ ਨੇ ਉਨ੍ਹਾਂ ਨੂੰ ਇੱਕ ਦ੍ਰਿਸ਼ਟਾਂਤ ਦਿੱਤਾ ਭਈ ਹੰਜੀਰ ਦੇ ਬੂਟੇ ਨੂੰ ਅਤੇ ਸਾਰਿਆਂ ਰੁੱਖਾਂ ਨੂੰ ਵੇਖੋ 30ਜਦ ਉਨ੍ਹਾਂ ਦੇ ਪੱਤਰ ਨਿੱਕਲਦੇ ਹਨ ਤਾਂ ਤੁਸੀਂ ਵੇਖ ਕੇ ਆਪੇ ਜਾਣ ਲੈਂਦੇ ਹੋ ਜੋ ਹੁਣ ਗਰਮੀ ਦੀ ਰੁੱਤ ਨੇੜੇ ਹੈ 31ਇਸ ਤਰਾਂ ਨਾਲ ਜਾਂ ਤੁਸੀਂ ਵੇਖੋ ਭਈ ਏਹ ਗੱਲਾਂ ਹੁੰਦੀਆਂ ਹਨ ਤਾਂ ਜਾਣੋ ਜੋ ਪਰਮੇਸ਼ੁਰ ਦਾ ਰਾਜ ਨੇੜੇ ਹੈ 32ਮੈਂ ਤੁਹਾਨੂੰ ਸਤ ਆਖਦਾ ਹਾਂ ਭਈ ਜਦ ਤੋੜੀ ਸਭ ਗੱਲਾਂ ਨਾ ਹੋ ਲੈਣ ਇਹ ਪੀਹੜੀ ਬੀਤ ਨਾ ਜਾਵੇਗੀ 33ਅਕਾਸ਼ ਅਤੇ ਧਰਤੀ ਟਲ ਜਾਣਗੇ ਪਰ ਮੇਰੇ ਬਚਨ ਕਦੇ ਨਾ ਟਲਣਗੇ!।।
34ਖਬਰਦਾਰ ਰਹੋ ਭਈ ਹੱਦੋਂ ਬਾਹਰ ਖਾਣ ਪੀਣ ਅਤੇ ਮਤਵਾਲੇ ਹੋਣ ਨਾਲ ਅਤੇ ਸੰਸਾਰ ਦੀਆਂ ਚਿੰਤਾਂ ਦੇ ਕਾਰਨ ਤੁਹਾਡੇ ਮਨ ਕਿਤੇ ਭਾਰੀ ਨਾ ਹੋ ਜਾਣ ਅਤੇ ਉਹ ਦਿਨ ਫਾਹੀ ਵਾਂਙੁ ਤੁਹਾਡੇ ਉੱਤ ਅਚਾਣਕ ਆ ਪਵੇ! 35ਕਿਉਂ ਜੋ ਉਹ ਸਾਰੀ ਧਰਤੀ ਦਿਆਂ ਸਭਨਾਂ ਰਹਿਣ ਵਾਲਿਆਂ ਉੱਤੇ ਆਵੇਗਾ 36ਪਰ ਬੇਨਤੀ ਕਰਦਿਆਂ ਹਰ ਵੇਲੇ ਜਾਗਦੇ ਰਹੋ ਭਈ ਤੁਸੀਂ ਉਨ੍ਹਾਂ ਸਭਨਾਂ ਗੱਲਾਂ ਤੋਂ ਜਿਹੜੀਆਂ ਹੋਣ ਵਾਲੀਆਂ ਹਨ ਬਚ ਸੱਕੋ ਅਤੇ ਮਨੁੱਖ ਦੇ ਪੁੱਤ੍ਰ ਦੇ ਸਾਹਮਣੇ ਖੜੇ ਹੋ ਸੱਕੋ।।
37ਉਹ ਦਿਨ ਨੂੰ ਹੈਕਲ ਵਿੱਚ ਉਪਦੇਸ਼ ਕਰਦਾ ਅਤੇ ਰਾਤ ਨੂੰ ਬਾਹਰ ਜਾ ਕੇ ਉਸ ਪਹਾੜ ਉੱਤੇ ਜਿਹੜਾ ਜ਼ੈਤੂਨ ਦਾ ਕਹਾਉਂਦਾ ਹੈ ਟਿਕਦਾ ਹੁੰਦਾ ਸੀ 38ਅਤੇ ਸਭ ਲੋਕ ਉਹ ਦੀ ਸੁਣਨ ਲਈ ਹੈਕਲ ਵਿੱਚ ਤੜਕੇ ਉਹ ਦੇ ਕੋਲ ਆਉਂਦੇ ਸਨ।।

S'ha seleccionat:

ਲੂਕਾ 21: PUNOVBSI

Subratllat

Comparteix

Copia

None

Vols que els teus subratllats es desin a tots els teus dispositius? Registra't o inicia sessió