ਉਤ 3

3
ਮਨੁੱਖ ਦੇ ਪਾਪੀ ਹੋ ਜਾਣ ਦਾ ਵਰਨਣ
1ਸੱਪ ਸਭ ਜੰਗਲੀ ਜਾਨਵਰਾਂ ਨਾਲੋਂ, ਜਿਨ੍ਹਾਂ ਨੂੰ ਯਹੋਵਾਹ ਪਰਮੇਸ਼ੁਰ ਨੇ ਬਣਾਇਆ ਸੀ, ਚਲਾਕ ਸੀ ਅਤੇ ਉਸ ਨੇ ਇਸਤਰੀ ਨੂੰ ਆਖਿਆ, ਭਲਾ, ਪਰਮੇਸ਼ੁਰ ਨੇ ਸੱਚ-ਮੁੱਚ ਆਖਿਆ ਹੈ ਕਿ ਬਾਗ਼ ਦੇ ਕਿਸੇ ਰੁੱਖ ਦਾ ਫਲ ਤੁਸੀਂ ਨਾ ਖਾਓ? 2ਇਸਤਰੀ ਨੇ ਸੱਪ ਨੂੰ ਆਖਿਆ, ਬਾਗ਼ ਦੇ ਸਾਰੇ ਰੁੱਖਾਂ ਦੇ ਫਲ ਤਾਂ ਅਸੀਂ ਖਾ ਸਕਦੇ ਹਾਂ 3ਪਰ ਜਿਹੜਾ ਰੁੱਖ ਬਾਗ਼ ਦੇ ਵਿਚਕਾਰ ਹੈ ਉਸ ਦੇ ਫਲ ਨੂੰ ਪਰਮੇਸ਼ੁਰ ਨੇ ਆਖਿਆ, ਤੁਸੀਂ ਨਾ ਖਾਓ ਨਾ ਉਹ ਨੂੰ ਹੱਥ ਲਾਓ, ਅਜਿਹਾ ਨਾ ਹੋਵੇ ਕਿ ਤੁਸੀਂ ਮਰ ਜਾਓ। 4ਪਰ ਸੱਪ ਨੇ ਇਸਤਰੀ ਨੂੰ ਆਖਿਆ ਕਿ ਤੁਸੀਂ ਕਦੀ ਨਹੀਂ ਮਰੋਗੇ। 5ਸਗੋਂ ਪਰਮੇਸ਼ੁਰ ਜਾਣਦਾ ਹੈ ਕਿ ਜਿਸ ਦਿਨ ਤੁਸੀਂ ਉਸ ਫਲ ਨੂੰ ਖਾਓਗੇ ਤੁਹਾਡੀਆਂ ਅੱਖਾਂ ਖੁੱਲ੍ਹ ਜਾਣਗੀਆਂ ਅਤੇ ਤੁਸੀਂ ਪਰਮੇਸ਼ੁਰ ਦੀ ਤਰ੍ਹਾਂ ਭਲੇ ਬੁਰੇ ਦੀ ਸਮਝ ਵਾਲੇ ਹੋ ਜਾਓਗੇ। 6ਜਦ ਇਸਤਰੀ ਨੇ ਵੇਖਿਆ ਕਿ ਉਸ ਰੁੱਖ ਦਾ ਫਲ ਖਾਣ ਲਈ ਚੰਗਾ ਹੈ ਅਤੇ ਅੱਖੀਆਂ ਨੂੰ ਭਾਉਂਦਾ ਹੈ ਅਤੇ ਉਸ ਰੁੱਖ ਦਾ ਫਲ ਬੁੱਧ ਦੇਣ ਦੇ ਯੋਗ ਹੈ ਤਾਂ ਉਸ ਨੇ ਉਹ ਦੇ ਫਲ ਨੂੰ ਲਿਆ ਤੇ ਆਪ ਖਾਧਾ ਅਤੇ ਆਪਣੇ ਪਤੀ ਨੂੰ ਵੀ ਦਿੱਤਾ ਅਤੇ ਉਸ ਨੇ ਵੀ ਖਾਧਾ। 7ਤਦ ਦੋਹਾਂ ਦੀਆਂ ਅੱਖਾਂ ਖੁੱਲ੍ਹ ਗਈਆਂ ਅਤੇ ਉਨ੍ਹਾਂ ਨੇ ਜਾਣ ਲਿਆ, ਜੋ ਅਸੀਂ ਨੰਗੇ ਹਾਂ ਇਸ ਲਈ ਉਨ੍ਹਾਂ ਨੇ ਹੰਜ਼ੀਰ ਦੇ ਪੱਤੇ ਸੀਉਂਕੇ ਆਪਣੇ ਲਈ ਬਸਤਰ ਬਣਾ ਲਏ। 8ਉਨ੍ਹਾਂ ਨੇ ਯਹੋਵਾਹ ਪਰਮੇਸ਼ੁਰ ਦੀ ਅਵਾਜ਼ ਸੁਣੀ, ਜਦ ਉਹ ਬਾਗ਼ ਵਿੱਚ ਸ਼ਾਮ ਦੇ ਠੰਡੇ ਵੇਲੇ ਚਲਦਾ ਫਿਰਦਾ ਸੀ। ਉਸ ਆਦਮੀ ਅਤੇ ਉਹ ਦੀ ਪਤਨੀ ਨੇ ਆਪਣੇ ਨੂੰ ਬਾਗ਼ ਦੇ ਰੁੱਖਾਂ ਦੇ ਵਿਚਕਾਰ ਯਹੋਵਾਹ ਪਰਮੇਸ਼ੁਰ ਦੇ ਸਾਹਮਣਿਓਂ ਆਪਣੇ ਆਪ ਨੂੰ ਲੁਕਾ ਲਿਆ। 9ਤਦ ਯਹੋਵਾਹ ਪਰਮੇਸ਼ੁਰ ਨੇ ਆਦਮ ਨੂੰ ਪੁਕਾਰ ਕੇ ਆਖਿਆ ਕਿ ਤੂੰ ਕਿੱਥੇ ਹੈਂ? 10ਉਸ ਨੇ ਆਖਿਆ, ਮੈਂ ਬਾਗ਼ ਵਿੱਚ ਤੇਰੀ ਅਵਾਜ਼ ਸੁਣ ਕੇ ਡਰ ਗਿਆ ਕਿਉਂ ਜੋ ਮੈਂ ਨੰਗਾ ਸੀ ਇਸ ਲਈ ਮੈਂ ਆਪਣੇ ਆਪ ਨੂੰ ਲੁਕਾ ਲਿਆ। 11ਉਸ ਨੇ ਪੁੱਛਿਆ, ਤੈਨੂੰ ਕਿਸ ਨੇ ਦੱਸਿਆ ਜੋ ਤੂੰ ਨੰਗਾ ਹੈਂ? ਜਿਸ ਰੁੱਖ ਤੋਂ ਮੈਂ ਤੈਨੂੰ ਹੁਕਮ ਦਿੱਤਾ ਸੀ ਕਿ ਉਸ ਦਾ ਫਲ ਨਾ ਖਾਵੀਂ ਕੀ ਤੂੰ ਉਸ ਦਾ ਫਲ ਖਾਧਾ ਹੈ? 12ਫੇਰ ਆਦਮ ਨੇ ਜਵਾਬ ਦਿੱਤਾ ਕਿ ਜਿਹੜੀ ਇਸਤਰੀ ਤੂੰ ਮੈਨੂੰ ਦਿੱਤੀ, ਉਸ ਨੇ ਉਸ ਰੁੱਖ ਦਾ ਫਲ ਮੈਨੂੰ ਦਿੱਤਾ ਇਸ ਲਈ ਮੈਂ ਖਾ ਲਿਆ। 13ਤਦ ਯਹੋਵਾਹ ਪਰਮੇਸ਼ੁਰ ਨੇ ਇਸਤਰੀ ਨੂੰ ਆਖਿਆ, ਤੂੰ ਇਹ ਕੀ ਕੀਤਾ? ਇਸਤਰੀ ਨੇ ਆਖਿਆ, ਸੱਪ ਨੇ ਮੈਨੂੰ ਭਰਮਾਇਆ ਤਦ ਮੈਂ ਉਸ ਫਲ ਨੂੰ ਖਾਧਾ।
ਪਰਮੇਸ਼ੁਰ ਦਾ ਨਿਆਂ
14ਫੇਰ ਯਹੋਵਾਹ ਪਰਮੇਸ਼ੁਰ ਨੇ ਸੱਪ ਨੂੰ ਆਖਿਆ, ਕਿਉਂ ਜੋ ਤੂੰ ਇਹ ਕੀਤਾ ਹੈ, ਇਸ ਕਾਰਨ ਤੂੰ ਸਾਰੇ ਜੰਗਲੀ ਜਾਨਵਰਾਂ ਨਾਲੋਂ ਸਰਾਪੀ ਹੈਂ। ਤੂੰ ਆਪਣੇ ਪੇਟ ਦੇ ਭਾਰ ਚੱਲੇਂਗਾ ਅਤੇ ਤੂੰ ਸਾਰੀ ਜ਼ਿੰਦਗੀ ਮਿੱਟੀ ਖਾਇਆ ਕਰੇਗਾ। 15ਮੈਂ ਤੇਰੇ ਅਤੇ ਇਸਤਰੀ ਵਿੱਚ, ਤੇਰੀ ਸੰਤਾਨ ਤੇ ਇਸਤਰੀ ਦੀ ਸੰਤਾਨ ਵਿੱਚ ਵੈਰ ਪਾਵਾਂਗਾ। ਉਹ ਤੇਰੇ ਸਿਰ ਨੂੰ ਫੇਵੇਂਗਾ ਅਤੇ ਤੂੰ ਉਸ ਦੀ ਅੱਡੀ ਨੂੰ ਡੰਗ ਮਾਰੇਂਗਾ। 16ਉਸ ਨੇ ਇਸਤਰੀ ਨੂੰ ਆਖਿਆ ਕਿ ਮੈਂ ਤੇਰੇ ਗਰਭ ਦੀ ਪੀੜ ਬਹੁਤ ਵਧਾਵਾਂਗਾ। ਪੀੜ ਨਾਲ ਤੂੰ ਬੱਚੇ ਜਣੇਂਗੀ ਅਤੇ ਤੇਰੇ ਪਤੀ ਵੱਲ ਤੇਰੀ ਚਾਹ ਹੋਵੇਗੀ ਅਤੇ ਉਹ ਤੇਰੇ ਉੱਤੇ ਹੁਕਮ ਚਲਾਵੇਗਾ। 17ਫੇਰ ਉਸ ਨੇ ਆਦਮ ਨੂੰ ਆਖਿਆ ਕਿਉਂਕਿ ਤੂੰ ਆਪਣੀ ਪਤਨੀ ਦੀ ਗੱਲ ਸੁਣੀ ਅਤੇ ਉਸ ਰੁੱਖ ਦਾ ਫਲ ਖਾਧਾ ਜਿਸ ਦੇ ਵਿਖੇ ਮੈਂ ਤੈਨੂੰ ਹੁਕਮ ਦਿੱਤਾ ਸੀ ਕਿ ਉਸ ਤੋਂ ਨਾ ਖਾਵੀਂ ਇਸ ਲਈ ਜ਼ਮੀਨ ਤੇਰੇ ਕਾਰਨ ਸਰਾਪਤ ਹੋਈ। ਤੂੰ ਇਸ ਦੀ ਉਪਜ ਆਪਣੀ ਸਾਰੀ ਜ਼ਿੰਦਗੀ ਦੁੱਖ ਨਾਲ ਖਾਇਆ ਕਰੇਂਗਾ। 18ਉਹ ਤੇਰੇ ਲਈ ਕੰਡੇ, ਕੰਡਿਆਲੇ ਉਪਜਾਵੇਗੀ ਅਤੇ ਤੂੰ ਪੈਲੀ ਦਾ ਸਾਗ ਪੱਤ ਖਾਵੇਂਗਾ। 19ਤੂੰ ਮੱਥੇ ਦੇ ਪਸੀਨੇ ਨਾਲ ਰੋਟੀ ਖਾਇਆ ਕਰੇਂਗਾ ਜਦ ਤੱਕ ਤੂੰ ਮਿੱਟੀ ਵਿੱਚ ਫੇਰ ਨਾ ਮਿਲ ਜਾਵੇਂ ਕਿਉਂ ਜੋ ਤੂੰ ਉਸ ਵਿੱਚੋਂ ਹੀ ਕੱਢਿਆ ਗਿਆ ਸੀ। ਤੂੰ ਮਿੱਟੀ ਹੈਂ ਅਤੇ ਮਿੱਟੀ ਵਿੱਚ ਹੀ ਮੁੜ ਜਾਵੇਂਗਾ। 20ਆਦਮ ਨੇ ਆਪਣੀ ਪਤਨੀ ਦਾ ਨਾਮ ਹੱਵਾਹ#3:20 ਜੀਵਨ ਰੱਖਿਆ ਕਿਉਂ ਜੋ ਉਹ ਸਾਰੇ ਜੀਉਂਦਿਆਂ ਦੀ ਮਾਤਾ ਹੋਈ। 21ਯਹੋਵਾਹ ਪਰਮੇਸ਼ੁਰ ਨੇ ਆਦਮ ਅਤੇ ਉਹ ਦੀ ਪਤਨੀ ਲਈ ਚਮੜੇ ਦੇ ਬਸਤਰ ਬਣਾ ਕੇ ਉਨ੍ਹਾਂ ਨੂੰ ਪਹਿਨਾਏ।
ਬਾਗ਼ ਵਿੱਚੋਂ ਕੱਢਿਆ ਜਾਣਾ
22ਤਦ ਯਹੋਵਾਹ ਪਰਮੇਸ਼ੁਰ ਨੇ ਆਖਿਆ, ਵੇਖੋ ਮਨੁੱਖ ਭਲੇ ਬੁਰੇ ਦੀ ਸਮਝ ਵਿੱਚ ਸਾਡੇ ਵਿੱਚੋਂ ਇੱਕ ਵਰਗਾ ਹੋ ਗਿਆ ਹੈ ਅਤੇ ਹੁਣ ਅਜਿਹਾ ਨਾ ਹੋਵੇ ਕਿ ਉਹ ਆਪਣਾ ਹੱਥ ਵਧਾ ਕੇ ਜੀਵਨ ਦੇ ਰੁੱਖ ਦਾ ਫਲ ਵੀ ਖਾ ਲਵੇ ਅਤੇ ਸਦਾ ਜੀਉਂਦਾ ਰਹੇ। 23ਇਸ ਲਈ ਯਹੋਵਾਹ ਪਰਮੇਸ਼ੁਰ ਨੇ ਉਹ ਨੂੰ ਅਦਨ ਦੇ ਬਾਗ਼ ਵਿੱਚੋਂ ਕੱਢ ਦਿੱਤਾ ਤਾਂ ਜੋ ਉਹ ਉਸ ਜ਼ਮੀਨ ਨੂੰ ਵਾਹੇ ਜਿਸ ਤੋਂ ਉਹ ਰਚਿਆ ਗਿਆ ਸੀ। 24ਇਸ ਲਈ ਉਸ ਨੇ ਆਦਮ ਨੂੰ ਕੱਢ ਦਿੱਤਾ ਅਤੇ ਉਸ ਨੇ ਅਦਨ ਦੇ ਬਾਗ਼ ਦੇ ਪੂਰਬ ਵੱਲ ਦੂਤਾਂ ਨੂੰ ਅਤੇ ਚਾਰ ਚੁਫ਼ੇਰੇ ਘੁੰਮਣ ਵਾਲੀ ਅੱਗ ਦੀ ਤਲਵਾਰ ਨੂੰ ਰੱਖਿਆ ਤਾਂ ਜੋ ਓਹ ਜੀਵਨ ਦੇ ਰੁੱਖ ਦੇ ਰਾਹ ਦੀ ਰਾਖੀ ਕਰਨ।

Nu markerat:

ਉਤ 3: IRVPun

Märk

Dela

Kopiera

None

Vill du ha dina höjdpunkter sparade på alla dina enheter? Registrera dig eller logga in