ਉਤਪਤ 16

16
ਦਾਸੀ ਹਾਜਰਾ
1ਸਾਰਈ ਅਬਰਾਮ ਦੀ ਪਤਨੀ ਸੀ। ਉਸ ਦੇ ਅਤੇ ਅਬਰਾਮ ਦੇ ਉਲਾਦ ਨਹੀਂ ਹੋਈ। ਸਾਰਈ ਦੀ ਮਿਸਰ ਦੀ ਇੱਕ ਦਾਸੀ ਸੀ। ਉਸ ਦਾ ਨਾਮ ਹਾਜਰਾ ਸੀ। 2ਸਾਰਈ ਨੇ ਅਬਰਾਮ ਨੂੰ ਆਖਿਆ, “ਯਹੋਵਾਹ ਨੇ ਮੈਨੂੰ ਬੱਚੇ ਹੋਣ ਤੋਂ ਰੋਕ ਦਿੱਤਾ ਹੈ। ਇਸ ਲਈ ਮੇਰੀ ਦਾਸੀ ਹਾਜਰਾ ਕੋਲ ਜਾਹ। ਮੈਂ ਉਸ ਦੇ ਬੱਚੇ ਨੂੰ ਆਪਣੇ ਬੱਚੇ ਵਾਂਗ ਹੀ ਪ੍ਰਵਾਨ ਕਰਾਂਗੀ।” ਅਬਰਾਮ ਆਪਣੀ ਪਤਨੀ ਦੀ ਬੇਨਤੀ ਨਾਲ ਸਹਿਮਤ ਹੋ ਗਿਆ।
3ਇਹ ਗੱਲ ਅਬਰਾਮ ਦੇ ਕਨਾਨ ਦੀ ਧਰਤੀ ਉੱਤੇ ਦਸ ਸਾਲ ਰਹਿ ਚੁੱਕਣ ਤੋਂ ਬਾਦ ਵਾਪਰੀ। ਸਾਰਈ ਨੇ ਹਾਜਰਾ ਨੂੰ ਆਪਣੇ ਪਤੀ ਦੀ ਪਤਨੀ ਹੋਣ ਲਈ ਸੌਂਪ ਦਿੱਤਾ। (ਹਾਜਰਾ ਉਸ ਦੀ ਮਿਸਰ ਦੀ ਦਾਸੀ ਸੀ।) 4ਹਾਜਰਾ ਅਬਰਾਮ ਤੋਂ ਗਰਭਵਤੀ ਹੋ ਗਈ। ਜਦੋਂ ਹਾਜਰਾ ਨੂੰ ਇਹ ਪਤਾ ਲੱਗਾ ਤਾਂ ਉਸ ਦੀ ਮਾਲਕਣ ਨੂੰ ਹਾਜਰਾ ਦੀ ਨਿਗਾਹ ਵਿੱਚ ਇੰਨੀ ਇੱਜ਼ਤ ਨਹੀਂ ਮਿਲੀ। 5ਪਰ ਸਾਰਈ ਨੇ ਅਬਰਾਮ ਨੂੰ ਆਖਿਆ, “ਮੇਰੀ ਦਾਸੀ ਹੁਣ ਮੈਨੂੰ ਨਫ਼ਰਤ ਕਰਦੀ ਹੈ। ਅਤੇ ਇਸ ਲਈ ਮੈਂ ਤੈਨੂੰ ਕਸੂਰਵਾਰ ਸਮਝਦੀ ਹਾਂ। ਮੈਂ ਉਸ ਨੂੰ ਤੈਨੂੰ ਸੌਂਪਿਆ। ਉਹ ਗਰਭਵਤੀ ਹੋਈ ਅਤੇ ਫ਼ੇਰ ਉਹ ਇਹ ਮਹਿਸੂਸ ਕਰਨ ਲੱਗ ਪਈ ਕਿ ਉਹ ਮੇਰੇ ਨਾਲੋਂ ਬਿਹਤਰ ਹੈ। ਮੈਂ ਚਾਹੁੰਦੀ ਹਾਂ ਕਿ ਯਹੋਵਾਹ ਇਸਦਾ ਨਿਆਂ ਕਰੇ ਕਿ ਸਾਡੇ ਵਿੱਚੋਂ ਕੌਣ ਸਹੀ ਹੈ।”
6ਪਰ ਅਬਰਾਮ ਨੇ ਸਾਰਈ ਨੂੰ ਆਖਿਆ, “ਹਾਜਰਾ ਤੇਰੀ ਦਾਸੀ ਹੈ। ਤੂੰ ਉਸ ਦੇ ਨਾਲ ਜੋ ਚਾਹੇਂ ਸਲੂਕ ਕਰ ਸੱਕਦੀ ਹੈਂ।” ਇਸ ਤਰ੍ਹਾਂ ਸਾਰਈ ਆਪਣੀ ਦਾਸੀ ਨਾਲ ਬੁਰਾ ਸਲੂਕ ਕਰਨ ਲੱਗੀ ਅਤੇ ਹਾਜਰਾ ਘਰੋਂ ਭੱਜ ਗਈ।
ਹਾਜਰਾ ਦਾ ਪੁੱਤਰ ਇਸਮਾਏਲ
7ਯਹੋਵਾਹ ਦੇ ਦੂਤ ਨੇ ਹਾਜਰਾ ਨੂੰ ਮਾਰੂਥਲ ਅੰਦਰ ਇੱਕ ਟੋਭੇ ਦੇ ਕੰਢੇ ਪਿਆ ਦੇਖਿਆ। ਟੋਭਾ ਸੂਰ ਦੇ ਰਸਤੇ ਉੱਤੇ ਸੀ। 8ਦੂਤ ਨੇ ਆਖਿਆ, “ਹਾਜਰਾ, ਤੂੰ ਸਾਰਈ ਦੀ ਦਾਸੀਂ ਹੈਂ। ਤੂੰ ਇੱਥੇ ਕੀ ਕਰ ਰਹੀ ਹੈਂ? ਤੂੰ ਕਿਧਰ ਜਾ ਰਹੀ ਹੈਂ?”
ਹਾਜਰਾ ਨੇ ਆਖਿਆ, “ਮੈਂ ਸਾਰਈ ਤੋਂ ਦੂਰ ਭੱਜ ਰਹੀ ਹਾਂ।”
9ਯਹੋਵਾਹ ਦੇ ਦੂਤ ਨੇ ਹਾਜਰਾ ਨੂੰ ਆਖਿਆ, “ਸਾਰਈ ਤੇਰੀ ਮਾਲਕਣ ਹੈ। ਉਸ ਕੋਲ ਘਰ ਚਲੀ ਜਾਹ ਅਤੇ ਉਸ ਦਾ ਹੁਕਮ ਮੰਨ।” 10ਯਹੋਵਾਹ ਦੇ ਦੂਤ ਨੇ ਹਾਜਰਾ ਨੂੰ ਇਹ ਵੀ ਆਖਿਆ, “ਤੇਰੇ ਤੋਂ ਬਹੁਤ ਲੋਕ ਪੈਦਾ ਹੋਣਗੇ। ਉਹ ਇੰਨੇ ਹੋਣਗੇ ਕਿ ਉਨ੍ਹਾਂ ਦੀ ਗਿਣਤੀ ਨਹੀਂ ਹੋ ਸੱਕੇਗੀ।”
11ਯਹੋਵਾਹ ਦੇ ਦੂਤ ਨੇ ਇਹ ਵੀ ਆਖਿਆ,
“ਹਾਜਰਾ, ਤੂੰ ਹੁਣ ਗਰਭਵਤੀ ਹੈਂ ਤੇ
ਤੂੰ ਇੱਕ ਪੁੱਤਰ ਨੂੰ ਜਨਮ ਦੇਵੇਂਗੀ।
ਤੂੰ ਉਸ ਦਾ ਨਾਮ ਇਸਮਾਏਲ ਰੱਖੀਂ।
ਕਿਉਂਕਿ ਯਹੋਵਾਹ ਨੇ ਸੁਣ ਲਿਆ ਹੈ ਕਿ ਤੇਰੇ ਨਾਲ ਬੁਰਾ ਸਲੂਕ ਹੋਇਆ ਅਤੇ ਉਹ ਤੇਰੀ ਸਹਾਇਤਾ ਕਰੇਗਾ।
12ਇਸਮਾਏਲ ਜੰਗਲੀ ਖੋਤੇ ਵਾਂਗ ਆਵਾਰਾ
ਅਤੇ ਆਜ਼ਾਦ ਹੋਵੇਗਾ।
ਉਹ ਹਰੇਕ ਦੇ ਵਿਰੁੱਧ ਹੋਵੇਗਾ।
ਅਤੇ ਹਰ ਕੋਈ ਉਸ ਦੇ ਵਿਰੁੱਧ ਹੋਵੇਗਾ।
ਉਹ ਥਾਂ-ਥਾਂ ਘੁੰਮੇਗਾ ਅਤੇ ਆਪਣੇ ਭਰਾਵਾਂ ਲਾਗੇ ਡੇਰਾ ਲਾਵੇਗਾ;
ਪਰ ਉਹ ਉਨ੍ਹਾਂ ਦੇ ਵਿਰੁੱਧ ਹੋਵੇਗਾ।”
13ਯਹੋਵਾਹ ਨੇ ਹਾਜਰਾ ਨਾਲ ਗੱਲ ਕੀਤੀ। ਉਸ ਨੇ ਯਹੋਵਾਹ ਨੂੰ ਜਿਸਨੇ ਉਸ ਨਾਲ ਗੱਲ ਕੀਤੀ ਇਉਂ ਬੁਲਾਇਆ, “‘ਪਰਮੇਸ਼ੁਰ ਜਿਹੜਾ ਮੇਰੇ ਵੱਲ ਧਿਆਨ ਦਿੰਦਾ।’” ਉਸ ਨੇ ਉਸ ਦਾ ਅਜਿਹਾ ਨਾਮ ਇਸ ਲਈ ਧਰਿਆ ਕਿਉਂਕਿ ਉਸ ਨੇ ਸੋਚਿਆ, “ਮੈਂ ਦੇਖਦੀ ਹਾਂ ਕਿ ਇੱਥੇ ਵੀ, ਪਰਮੇਸ਼ੁਰ ਮੈਨੂੰ ਦੇਖਦਾ ਹੈ ਅਤੇ ਮੇਰਾ ਧਿਆਨ ਰੱਖਦਾ ਹੈ!” 14ਇਸ ਲਈ ਉਸ ਖੂਹ ਦਾ ਨਾਮ ਬਏਰ-ਲਹਈ-ਰੋਈ ਰੱਖਿਆ ਗਿਆ। ਉਹ ਖੂਹ ਕਾਦੇਸ ਅਤੇ ਬਰਦ ਦੇ ਵਿੱਚਕਾਰ ਹੈ।
15ਹਾਜਰਾ ਨੇ ਅਬਰਾਮ ਦੇ ਪੁੱਤਰ ਨੂੰ ਜਨਮ ਦਿੱਤਾ ਅਤੇ ਅਬਰਾਮ ਨੇ ਪੁੱਤਰ ਦਾ ਨਾਮ ਇਸਮਾਏਲ ਰੱਖਿਆ। 16ਅਬਰਾਮ ਉਦੋਂ 86 ਵਰ੍ਹਿਆਂ ਦਾ ਸੀ ਜਦੋਂ ਹਾਜਰਾ ਤੋਂ ਇਸਮਾਏਲ ਦਾ ਜਨਮ ਹੋਇਆ।

Ekhethiweyo ngoku:

ਉਤਪਤ 16: PERV

Qaqambisa

Yabelana

Kopa

None

Ufuna ukuba iimbalasane zakho zigcinwe kuzo zonke izixhobo zakho? Bhalisela okanye ngena